ਪੰਜਾਬ ‘ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਬੀਤੇ ਦਿਨੀਂ ਹਲਕੇ ਤੋਂ ਦਰਮਿਆਨਾ ਮੀਂਹ ਪਿਆ, ਜਦਕਿ ਕੁਝ ਥਾਵਾਂ ’ਤੇ ਗਰਜ-ਚਮਕ ਦੇ ਨਾਲ ਭਾਰੀ ਮੀਂਹ ਵੀ ਦਰਜ ਕੀਤਾ ਗਿਆ। ਉੱਥੇ ਹੀ, ਹਰਿਆਣਾ ਦੇ ਕੁਝ ਇਲਾਕਿਆਂ ਵਿਚ ਹਲਕਾ ਮੀਂਹ ਅਤੇ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਨੇ 3 ਦਿਨਾਂ ਲਈ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲਿਆਂ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਅਨੁਮਾਨ ਹੈ ਕਿ ਇਸ ਦੌਰਾਨ ਕਈ ਥਾਵਾਂ ’ਤੇ ਗਰਜ-ਚਮਕ ਦੇ ਨਾਲ ਤੇਜ਼ ਮੀਂਹ ਪੈ ਸਕਦਾ ਹੈ।

ਮੀਂਹ ਦਾ ਅਸਰ ਤਾਪਮਾਨ ’ਤੇ ਵੀ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਪਿਛਲੇ ਦਿਨ ਦੀ ਤੁਲਨਾ ਵਿਚ ਔਸਤਨ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜਦੋਂ ਕਿ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਹੇਠਾਂ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 33.5 ਡਿਗਰੀ ਸੈਲਸੀਅਸ, ਪਠਾਨਕੋਟ ਵਿਚ 34.9 ਡਿਗਰੀ ਸੈਲਸੀਅਸ ਅਤੇ ਬਰਨਾਲਾ ਵਿਚ 33.0 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਹਰਿਆਣਾ ਵਿਚ ਵੀ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਹੇਠਾਂ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਸਿਰਸਾ ਵਿਚ 38.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਰੋਹਤਕ ਵਿਚ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਸੈਲਸੀਅਸ, ਕਰਨਾਲ ਵਿਚ 35.2 ਡਿਗਰੀ ਅਤੇ ਹਿਸਾਰ ਵਿਚ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਦੌਰਾਨ ਦੋਵਾਂ ਸੂਬਿਆਂ ਵਿਚ ਬਹੁਤੇ ਇਲਾਕਿਆਂ ਵਿਚ ਬੱਦਲ ਛਾਏ ਰਹਿਣ, ਰੁਕ-ਰੁਕ ਕੇ ਮੀਂਹ ਪੈਣ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *