ਲੁਧਿਆਣਾ, 5 ਫਰਵਰੀ (ਰਾਮ ਕ੍ਰਿਸ਼ਨ ਅਰੋੜਾ,)ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਫਰਵਰੀ ਨੂੰ ਹੋਣ ਵਾਲੀ ਸ਼ੋਭਾ ਯਾਤਰਾ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਹ ਫੈਸਲਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਅਤੇ ਰੋਹਿਤ ਗੁਪਤਾ, ਮੁੱਖ ਮੰਤਰੀ ਦੇ ਫੀਲਡ ਅਫਸਰ ਕ੍ਰਿਤਿਕਾ ਗੋਇਲ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸ਼ੋਭਾ ਯਾਤਰਾ ਇਕ ਮਹੱਤਵਪੂਰਨ ਸਮਾਗਮ ਹੈ, ਜੋ ਕਿ ਸ੍ਰੀ ਗੁਰੂ ਰਵਿਦਾਸ ਜੀ ਦੁਆਰਾ ਆਪਣੇ ਫਲਸਫੇ, ਜੀਵਨ ਅਤੇ ਸਿੱਖਿਆਵਾਂ ਦੁਆਰਾ ਕਲਮਬੱਧ ਕੀਤੇ ਗਏ ਬ੍ਰਹਮਤਾ, ਭਾਈਚਾਰਕ ਸਾਂਝ, ਸ਼ਾਂਤੀ, ਸਰਬ ਸਾਂਝੀਵਾਲਤਾ ਅਤੇ ਰਹਿਮ ਦੇ ਸੰਦੇਸ਼ਾਂ ਨੂੰ ਪ੍ਰਫੁੱਲਤ ਕਰਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਟ੍ਰੈਫਿਕ ਡਾਇਵਰਸ਼ਨ, ਵਾਹਨ ਪਾਰਕਿੰਗ, ਸੁਰੱਖਿਆ ਅਤੇ ਹੋਰ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਉਹ ਰਸਤੇ ਦੀ ਸਫ਼ਾਈ ਯਕੀਨੀ ਬਣਾਉਣ ਜੋ ਕਿ ਬਸਤੀ ਜੋਧੇਵਾਲ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਤੋਂ ਸ਼ੁਰੂ ਹੋ ਕੇ ਸੁੰਦਰ ਨਗਰ, ਭਗਵਾਨ ਵਾਲਮੀਕੀ ਚੌਕ, ਮਾਧੋਪੁਰੀ, ਥਾਣਾ ਡਵੀਜ਼ਨ-3, ਸ਼ਾਹਪੁਰ ਰੋਡ, ਜਗਰਾਉਂ ਪੁਲ, ਘੰਟਾ ਘਰ ਚੌਕ, ਚੌੜਾ ਬਾਜ਼ਾਰ, ਗਊਸ਼ਾਲਾ ਰੋਡ ਤੱਕ ਚੱਲੇਗਾ। ਨਗਰ ਨਿਗਮ ਸੜਕਾਂ ‘ਤੇ ਪਾਣੀ ਦਾ ਛਿੜਕਾਅ ਵੀ ਕਰੇਗਾ ਅਤੇ ਭਾਗੀਦਾਰਾਂ ਲਈ ਆਰਜ਼ੀ ਪਖਾਨੇ ਅਤੇ ਮੋਬਾਈਲ ਟਾਇਲਟ ਵੀ ਮੁਹੱਈਆ ਕਰਵਾਏਗਾ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਇਹ ਵੀ ਹਦਾਇਤ ਕੀਤੀ ਕਿ ਸਿਹਤ ਵਿਭਾਗ ਡਾਕਟਰੀ ਟੀਮਾਂ ਤਾਇਨਾਤ ਕਰਨ, ਇਹ ਯਕੀਨੀ ਬਣਾਉਣ ਕਿ ਉਹ ਹਾਜ਼ਰ ਲੋਕਾਂ ਦੀ ਸਹਾਇਤਾ ਲਈ ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸਾਂ ਨਾਲ ਲੈਸ ਹੋਣ। ਇਸ ਤੋਂ ਇਲਾਵਾ, ਉਨ੍ਹਾਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਉਪਾਅ ਲਾਗੂ ਕਰਨ ਦੇ ਹੁਕਮ ਵੀ ਦਿੱਤੇ।